ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ

  • Home
  • ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ

ਕਲਿ ਤਾਰਿਣ ਗੁਰੁ ਨਾਨਕੁ ਆਇਆ।।

ਸੁਣੀ ਪੁਕਾਰ ਦਾਤਾਰ ਪ੍ਰਭੁ ਗੁਰੁ ਨਾਨਕ ਜਗ ਮਾਹਿ ਪਠਾਇਆ।।

ਇਸ ਸੰਸਾਰ ਨੂੰ ਅੰਧਕਾਰ ਤੋਂ ਪ੍ਰਕਾਸ਼ ਵੱਲ ਲੈ ਕੇ ਜਾਣ ਵਾਲੇ ਸਿੱਖ ਧਰਮ ਦੇ ਬਾਨੀ ਅਤੇ ਜਗਤ ਗੁਰੂ ਧੰਨ-ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਭਾਰਤੀਯ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-39, ਚੰਡੀਗੜ੍ਹ ਮਾਰਗ, ਲੁਧਿਆਣਾ ਵਿਖੇ ਬੜੀ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਸ਼ੁੱਭ ਮੌਕੇ 'ਤੇ ਵਿਦਿਆਰਥੀਆਂ ਨੇ ਪੰਜ ਪਿਆਰੇ ਸੱਜ ਕੇ ਨਗਰ ਕੀਰਤਨ ਦੇ ਰੂਪ ਵਿੱਚ "ਪ੍ਰਭਾਤ ਫੇਰੀ" ਦਾ ਆਯੋਜਨ ਕਰਕੇ "ਇਲਾਹੀ ਬਾਣੀ" ਦੇ ਜਾਪ ਨਾਲ ਪੂਰੇ ਮਾਹੌਲ ਨੂੰ ਧਾਰਮਿਕ ਰੰਗ ਵਿੱਚ ਸਰਾਬੋਰ ਕਰ ਦਿੱਤਾ। ਅਧਿਆਪਕਾਂ ਤੇ ਵਿਦਿਆਰਥੀਆਂ ਨੇ ਮਿਲ ਕੇ ਸ੍ਰੀ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਨਾਲ ਪਰਮ ਪਿਤਾ ਪਰਮਾਤਮਾ ਦੀ ਮਹਿਮਾ ਦਾ ਗੁਣਗਾਨ ਕੀਤਾ।

ਵਿਦਿਆਰਥੀਆਂ ਵੱਲੋਂ ਕਵਿਤਾਵਾਂ, ਸ਼ਬਦ ਗਾਇਨ ਅਤੇ ਗੁਰੂ ਜੀ ਦੇ ਜੀਵਨ ਤੇ ਉਪਦੇਸ਼ਾਂ ਦੇ ਮਾਧਿਅਮ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ- ਸੱਚ, ਨਾਮ ਸਿਮਰਨ, ਸੇਵਾ ਤੇ ਸਾਂਝੀਵਾਲਤਾ ਦੇ ਸੁਨੇਹੇ ਨੂੰ ਬੜੇ ਪ੍ਰੇਰਨਾਦਾਇਕ ਢੰਗ ਨਾਲ ਪੇਸ਼ ਕੀਤਾ ਗਿਆ। ਸੱਤਵੀਂ ਜਮਾਤ ਦੀ ਵਿਦਿਆਰਥਣ ਖੁਸ਼ੀ ਨੇ ਆਪਣੇ ਵਿਚਾਰਾਂ ਵਿੱਚ ਦਾਰਸ਼ਨਿਕ, ਯੋਗੀ, ਕ੍ਰਾਂਤੀਕਾਰੀ, ਧਾਰਮਿਕ ਅਤੇ ਸਮਾਜ ਸੁਧਾਰਕ, ਕਵੀ, ਦੇਸ਼ ਭਗਤ ਆਦਿ ਗੁਣਾਂ ਨਾਲ ਭਰਪੂਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅਦੁੱਤੀ ਸ਼ਖ਼ਸੀਅਤ ਤੇ ਚਾਨਣਾ ਪਾਇਆ। ਉਪਰੰਤ ਸਭ ਵੱਲੋਂ ਮਿਲ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

"ਪ੍ਰਿੰਸੀਪਲ ਸ਼੍ਰੀਮਤੀ ਰਾਜੂ ਕੌਸ਼ਲ" ਜੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉੱਤੇ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਦਾ ਅੱਜ ਦੇ ਜੀਵਨ ਵਿੱਚ ਮਹੱਤਵ ਦੱਸਦੇ ਹੋਏ ਅਧਿਆਤਮਕ ਅਤੇ ਮਾਨਸਿਕ ਸ਼ਕਤੀਆਂ ਨੂੰ ਪ੍ਰਾਪਤ ਕਰਨ ਲਈ ਉਹਨਾਂ ਦੇ ਦਰਸਾਏ ਮਾਰਗ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ। ਸਕੂਲ ਮੈਨੇਜਮੈਂਟ ਅਤੇ ਪ੍ਰਿੰਸੀਪਲ ਸਾਹਿਬਾਨ ਨੇ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।